* ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ
ਚੰਡੀਗੜ੍ਹ, 26 ਦਸੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ।
ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਗੰਭੀਰ ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਖਰੜੇ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਕਿਸਾਨਾਂ ਲਈ ਸਭ ਤੋਂ ਜ਼ਰੂਰੀ ਹੈ ਅਤੇ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਧਾਰਾਵਾਂ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ (ਏ.ਪੀ.ਐਮ.ਸੀ.) ਮਾਰਕੀਟਾਂ ਨੂੰ ਪ੍ਰਭਾਵਿਤ ਕਰਨਗੀਆਂ। ਉਹਨਾਂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਏ.ਪੀ.ਐਮ.ਸੀ. ਦੀਆਂ ਮੰਡੀਆਂ ਵਿੱਚ ਗੜਬੜ ਪੈਦਾ ਹੋਣ ਨਾਲ ਕਿਸਾਨਾਂ ਅਤੇ ਰਵਾਇਤੀ ਵਪਾਰੀ ਵਰਗ ਦਾ ਸ਼ੋਸ਼ਣ ਹੋਵੇਗਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਅਤੇ ਐਮ.ਡੀ.ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ।
ਖੇਤੀਬਾੜੀ ਮੰਤਰੀ ਨੇ ਵਿਜੈ ਕਾਲੜਾ ਅਤੇ ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਾਲੇ ਆੜ੍ਹਤੀਆਂ ਅਤੇ ਤਰਸੇਮ ਸੈਣੀ ਦੀ ਅਗਵਾਈ ਵਾਲੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਇਸ ਨੀਤੀ ਬਾਰੇ ਉਹ ਆਪਣੇ ਸੁਝਾਅ ਅਤੇ ਚਿੰਤਾਵਾਂ ਪੰਜਾਬ ਮੰਡੀ ਬੋਰਡ ਨੂੰ ਭੇਜਣ ਤਾਂ ਜੋ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਜਵਾਬ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਵਿਚਾਰ-ਵਟਾਂਦਰੇ ਦੌਰਾਨ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਹਰਬੀਰ ਸਿੰਘ, ਡਾਇਰੈਕਟਰ ਬਾਗਬਾਨੀ ਸ਼ੈਲੇਂਦਰ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਖੋਜ, ਪੀ.ਏ.ਯੂ. ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।