-ਗਿ੍ਰਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਕਰ ਰਹੇ ਸਨ ਡਰੋਨ ਦੀ ਵਰਤੋਂ: ਡੀਜੀਪੀ ਗੌਰਵ ਯਾਦਵ
-ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਯਤਨ ਜਾਰੀ: ਐਸਐਸਪੀ ਅਭਿਮਨਿਊ ਰਾਣਾ
ਚੰਡੀਗੜ੍ਹ/ਤਰਨਤਾਰਨ, 15 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗਿ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਹਨਾਂ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗਿ੍ਰਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਐਸਪੀ (ਡੀ) ਅਜੈਰਾਜ ਸਿੰਘ, ਡੀਐਸਪੀ (ਡੀ) ਰਾਜਿੰਦਰ ਮਿਨਹਾਸ ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਭਾਈ ਲੱਧੂ ਦੇ ਖੇਤਰ ਵਿੱਚੋਂ 5 ਕਿਲੋ ਹੈਰੋਇਨ ਸਮੇਤ ਰਸ਼ਪਾਲ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ।
ਐਸਐਸਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗਿ੍ਰਫ਼ਤਾਰ ਵਿਅਕਤੀ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।
ਇਸ ਸਬੰਧੀ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਐਫਆਈਆਰ ਨੰਬਰ 06 ਮਿਤੀ 15 ਜਨਵਰੀ, 2025 ਨੂੰ ਦਰਜ ਕੀਤੀ ਗਈ ਹੈ।