ਨਵੀਂ ਦਿੱਲੀ, 15 ਜਨਵਰੀ (ਪੋਸਟ ਬਿਊਰੋ): ਗ੍ਰਹਿ ਮੰਤਰਾਲੇ ਨੇ ਕਥਿਤ ਸ਼ਰਾਬ ਘਪਲੇ ਮਾਮਲੇ `ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ `ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਮਨੀ ਲਾਂਡਰਿੰਗ ਮਾਮਲੇ `ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਜਿ਼ਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ `ਚ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਸੀ ਕਿ ਕਿਸੇ ਸਰਕਾਰੀ ਕਰਮਚਾਰੀ `ਤੇ ਮੁਕੱਦਮਾ ਚਲਾਉਣ ਲਈ ਅਥਾਰਟੀ ਦੀ ਇਜਾਜ਼ਤ ਦੀ ਲੋੜ ਹੋਵੇਗੀ। ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਅਤੇ ਕਿੰਗਪਿਨ ਦੱਸਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਰੁੱਧ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ `ਚ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੰਘੀ ਏਜੰਸੀ ਨੇ ਪਿਛਲੇ ਸਾਲ ਮਾਰਚ `ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇੱਕ ਵਿਸ਼ੇਸ਼ ਮਨੀ ਲਾਂਡਰਿੰਗ ਰੋਕਥਾਮ ਐਕਟ ਅਦਾਲਤ `ਚ ਦੋਸ਼ ਪੱਤਰ ਦਾਇਰ ਕੀਤਾ ਸੀ।
ਇਹ ਆਬਕਾਰੀ ਮਾਮਲਾ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਦੇ ਨਿਰਮਾਣ ਅਤੇ ਲਾਗੂ ਕਰਨ ‘ਚ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ। ਇਹ ਨੀਤੀ ਰੱਦ ਕਰ ਦਿੱਤੀ ਗਈ ਸੀ।