ਨਵੀਂ ਦਿੱਲੀ, 22 ਜਨਵਰੀ (ਪੋਸਟ ਬਿਊਰੋ): ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਅਗਲੇ ਪੰਜ ਸਾਲਾਂ ਲਈ ਨੈਸ਼ਨਲ ਹੈਲਥ ਮਿਸ਼ਨ ਨੂੰ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਕੈਬਨਿਟ ਨੇ 2025-26 ਦੇ ਮਾਰਕੀਟਿੰਗ ਸੀਜ਼ਨ ਲਈ ਕੱਚੇ ਜੂਟ ਦੇ ਐਮਐਸਪੀ ਨੂੰ 5,650 ਰੁਪਏ ਪ੍ਰਤੀ ਕੁਇੰਟਲ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਬੈਠਕ `ਚ ਲਏ ਗਏ ਫੈਸਲਿਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਮਿਸ਼ਨ ਨੇ ਪਿਛਲੇ 10 ਸਾਲਾਂ ‘ਚ ਇਤਿਹਾਸਕ ਟੀਚੇ ਪ੍ਰਾਪਤ ਕੀਤੇ ਹਨ। ਗੋਇਲ ਨੇ ਦੱਸਿਆ ਕਿ 2021 ਅਤੇ 2022 ਦੇ ਵਿਚਕਾਰ ਲਗਭਗ 12 ਲੱਖ ਸਿਹਤ ਕਰਮਚਾਰੀ ਨੈਸ਼ਨਲ ਹੈਲਥ ਮਿਸ਼ਨ ਵਿੱਚ ਸ਼ਾਮਲ ਹੋਏ ਅਤੇ ਭਾਰਤ ਨੇ ਇਸ ਮਿਸ਼ਨ ਦੇ ਤਹਿਤ ਕੋਵਿਡ-19 ਮਹਾਂਮਾਰੀ ਦਾ ਮੁਕਾਬਲਾ ਕੀਤਾ।
ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 2025-26 ਦੇ ਮਾਰਕੀਟਿੰਗ ਸੀਜ਼ਨ ਲਈ ਕੱਚੇ ਜੂਟ ਲਈ 5,650 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ, ਜੋ ਕਿ ਪਿਛਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਛੇ ਪ੍ਰਤੀਸ਼ਤ ਜਾਂ 315 ਰੁਪਏ ਦਾ ਵਾਧਾ ਹੈ। ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਨਵਾਂ ਐਮਐਸਪੀ ਕੁੱਲ-ਭਾਰਤੀ ਔਸਤ ਉਤਪਾਦਨ ਲਾਗਤ ਨਾਲੋਂ 66.8 ਪ੍ਰਤੀਸ਼ਤ ਮੁਨਾਫਾ ਯਕੀਨੀ ਬਣਾਉਂਦਾ ਹੈ ਅਤੇ ਉਤਪਾਦਕਾਂ ਨੂੰ ਲਾਭ ਪਹੁੰਚਾਏਗਾ। ਸਰਕਾਰ ਨੇ ਕੱਚੇ ਜੂਟ ਦਾ ਘੱਟੋ-ਘੱਟ ਸਮਰਥਨ ਮੁੱਲ 2014-15 ‘ਚ 2,400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2025-26 ਦੇ ਮਾਰਕੀਟਿੰਗ ਸੀਜ਼ਨ ਲਈ 5,650 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋਕਿ 2.35 ਗੁਣਾ ਵਾਧਾ ਹੈ।