ਵਾਸਿ਼ੰਗਟਨ, 23 ਜਨਵਰੀ (ਪੋਸਟ ਬਿਊਰੋ): ਅਮਰੀਕਾ ਦੇ ਦੌਰੇ 'ਤੇ ਆਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਅਸੀਂ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਤਿਆਰ ਹਾਂ। ਵਿਦੇਸ਼ ਮੰਤਰੀ ਨੇ ਇਸ ਮੁੱਦੇ 'ਤੇ ਭਾਰਤ ਦੇ ਸਟੈਂਡ ਨੂੰ ਇਕਸਾਰ ਅਤੇ ਸਿਧਾਂਤਕ ਦੱਸਿਆ। ਜੈਸ਼ੰਕਰ ਨੇ ਇਸ ਸਬੰਧੀ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਗੱਲ ਕੀਤੀ ਹੈ।
ਜੈਸ਼ੰਕਰ ਨੇ ਇਹ ਜਾਣਕਾਰੀ ਵਾਸਿ਼ੰਗਟਨ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਕਾਨਫਰੰਸ ਦੌਰਾਨ, ਜੈਸ਼ੰਕਰ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਜੇਕਰ ਸਾਡੇ ਨਾਗਰਿਕ ਇੱਥੇ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ ਅਤੇ ਇਹ ਪੁਸ਼ਟੀ ਹੋ ਜਾਂਦੀ ਹੈ ਕਿ ਉਹ ਸਾਡੇ ਨਾਗਰਿਕ ਹਨ, ਤਾਂ ਅਸੀਂ ਉਨ੍ਹਾਂ ਦੀ ਵਾਪਸੀ ਲਈ ਹਮੇਸ਼ਾ ਤਿਆਰ ਹਾਂ।
ਉਨ੍ਹਾਂ ਕਿਹਾ ਕਿ ਭਾਰਤ ਗੈਰ-ਕਾਨੂੰਨੀ ਪ੍ਰਵਾਸ ਦਾ ਸਖ਼ਤ ਵਿਰੋਧ ਕਰਦਾ ਹੈ, ਇਹ ਦੇਸ਼ਾਂ ਦੇ ਅਕਸ ਲਈ ਚੰਗਾ ਨਹੀਂ ਹੈ ਕਿਉਂਕਿ ਇਹ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਹੈ।
ਜੈਸ਼ੰਕਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਸਨ। ਉਨ੍ਹਾਂ ਨੇ ਟਰੰਪ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਪੱਤਰ ਵੀ ਸੌਂਪਿਆ।
ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 18 ਹਜ਼ਾਰ ਭਾਰਤੀ ਆਪਣੇ ਦੇਸ਼ ਵਾਪਿਸ ਪਰਤਣਗੇ। ਅਮਰੀਕੀ ਵੈੱਬਸਾਈਟ ਬਲੂਮਬਰਗ ਦੀ ਇੱਕ ਰਿਪੋਰਟ ਅਨੁਸਾਰ, ਉਨ੍ਹਾਂ ਕੋਲ ਅਮਰੀਕੀ ਨਾਗਰਿਕਤਾ ਨਹੀਂ ਹੈ, ਉਨ੍ਹਾਂ ਕੋਲ ਉੱਥੇ ਨਾਗਰਿਕਤਾ ਪ੍ਰਾਪਤ ਕਰਨ ਲਈ ਢੁੱਕਵੇਂ ਦਸਤਾਵੇਜ਼ ਵੀ ਨਹੀਂ ਹਨ।
ਪਿਛਲੇ ਮਹੀਨੇ, ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਵਾਲੀ ਸਰਕਾਰੀ ਏਜੰਸੀ (ਆਈਸੀਈ) ਨੇ ਲਗਭਗ 15 ਲੱਖ ਲੋਕਾਂ ਦੀ ਸੂਚੀ ਤਿਆਰ ਕੀਤੀ ਸੀ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ। ਇਸ ਸੂਚੀ ਵਿੱਚ 18 ਹਜ਼ਾਰ ਭਾਰਤੀ ਸ਼ਾਮਿਲ ਹਨ।