ਚੰਡੀਗੜ੍ਹ, 31 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ। ਗੁਰੂ ਹਰ ਸਹਾਏ ਵਿੱਚ ਫਿਰੋਜ਼ਪੁਰ ਰੋਡ ‘ਤੇ ਗੋਲੂ ਮੋੜ ਨੇੜੇ ਇੱਕ ਪਿਕਅੱਪ ਅਤੇ ਇੱਕ ਕੈਂਟਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 11 ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ, ਲਗਭਗ 25 ਤੋਂ 30 ਵੇਟਰ ਕਿਸੇ ਪ੍ਰੋਗਰਾਮ ਲਈ ਗੁਰੂ ਹਰ ਸਹਾਏ ਤੋਂ ਜਲਾਲਾਬਾਦ ਜਾ ਰਹੇ ਸਨ। ਫਿਰੋਜ਼ਪੁਰ ਰੋਡ `ਤੇ ਗੋਲੂ ਮੋੜ ਨੇੜੇ, ਉਹ ਸੜਕ ਦੇ ਵਿਚਕਾਰ ਖੜ੍ਹੇ ਇੱਕ ਟੁੱਟੇ ਹੋਏ ਕੈਂਟਰ ਨਾਲ ਟਕਰਾ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਪੰਜ ਲੋਕਾਂ ਦੀ ਮੌਕੇ `ਤੇ ਹੀ ਮੌਤ ਹੋ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਹੋਏ ਭਿਆਨਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।
ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।