ਚੰਡੀਗੜ੍ਹ, 17 ਫਰਵਰੀ (ਪੋਸਟ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਚਾਨਕ ਦੁਪਹਿਰ 12 ਵਜੇ ਪ੍ਰੈੱਸ ਕਾਨਫ਼ਰੰਸ ਸੱਦੀ ਅਤੇ ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਸਤਿਕਾਰ ਵਜੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਮੈਨੂੰ ਨਿੱਜੀ ਤੌਰ `ਤੇ ਜੋ ਮਹਿਸੂਸ ਹੋਇਆ ਉਹ ਫੈਸਲਾ ਲਿਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ 7 ਮੈਂਬਰੀ ਕਮੇਟੀ `ਚੋਂ ਵੀ ਫਾਰਗ ਕੀਤੇ ਜਾਣ ਦੀ ਬੇਨਤੀ ਕੀਤੀ ਹੈ।
ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ `ਚ ਪਏ ਪਾੜੇ ਨੂੰ ਦੂਰ ਕਰਨ ਲਈ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਸਿੱਖਾਂ ਨੂੰ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ `ਚ ਆਪਸੀ ਮਤਭੇਦ ਹਨ ਅਤੇ ਇਨ੍ਹਾਂ ਮਤਭੇਦਾਂ ਨੂੰ ਖ਼ਤਮ ਕਰਨਾ ਜਰੂਰੀ ਹੈ।
ਇਸ ਮੌਕੇ ਉਨ੍ਹਾਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬੀ ਨੌਜਵਾਨਾਂ ‘ਚ ਸਿੱਖ ਨੌਜਵਾਨ ਦੀ ਦਸਤਾਰ ਉਤਾਰ ਕੇ ਭਾਰਤ ਭੇਜਣ ਦਾ ਮੁੱਦਾ ਚੁੱਕਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਨੌਜਵਾਨ ਨੂੰ ਨੰਗੇ ਸਿਰ ਡਿਪੋਰਟ ਕਰਨ ਦੀ ਨਿਖੇਧੀ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਤਾਰਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ ਕਾਰਵਾਈ ਕੀਤੀ ਜਾਵੇ।