-ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉਚਿੱਤ ਮਾਨ ਸਨਮਾਨ ਦੇਣ ਲਈ ਸਖਤ ਹਦਾਇਤਾਂ ਪਹਿਲਾਂ ਤੋਂ ਜਾਰੀ
ਮੋਗਾ, 19 ਫਰਵਰੀ (ਗਿਆਨ ਸਿੰਘ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉੱਚਿਤ ਮਾਨ-ਸਨਮਾਨ ਦੇਣ ਲਈ ਦਿ੍ਰੜ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪਹਿਲ ਦੇ ਆਧਾਰ ਉਪਰ ਅਟੈਂਡ ਕਰਕੇ ਉਹਨਾਂ ਦੇ ਕੰਮ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਕਰਨ, ਉਹਨਾਂ ਦੇ ਉਚਿੱਤ ਮਾਨ ਸਨਮਾਨ ਲਈ ਸਮੂਹ ਵਿਭਾਗਾਂ ਨੂੰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਖਤ ਆਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਹੋਏ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਰਜਿ 196 ਜ਼ਿਲ੍ਹਾ ਮੋਗਾ ਨਾਲ ਸਥਾਨਕ ਮੀਟਿੰਗ ਹਾਲ ਵਿਖੇ ਮੀਟਿੰਗ ਦਾ ਆਯੋਜਨ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਵੱਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਬੜੀ ਹੀ ਸੰਜੀਦਗੀ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਇਹਨਾਂ ਦਾ ਹੱਲ ਕਰਨ ਦੀ ਹਦਾਇਤ ਜਾਰੀ ਕੀਤੀ। ਉਹਨਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਬਲਿਦਾਨ ਨੂੰ ਕਦੇ ਵੀ ਭੁਲਿਆ ਨਹੀਂ ਜਾ ਸਕਦਾ, ਇਹਨਾਂ ਦੀਆਂ ਕੋਸ਼ਿਸ਼ਾਂ ਅਤੇ ਕੁਰਬਾਨੀਆਂ ਕਰਕੇ ਹੀ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।
ਉਨ੍ਹਾਂ ਮੀਟਿੰਗ ਵਿੱਚ ਦੱਸਿਆ ਕਿ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੋ ਜੋ ਵੀ ਜਾਇਜ ਮੰਗਾਂ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਪੰਜਾਬ ਜ਼ਿਲ੍ਹਾ ਮੋਗਾ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ ਉਹਨਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕੀਤਾ ਜਾਵੇਗਾ।
ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਅਤੇ ਪ੍ਰੈਸ ਸਕੱਤਰ ਕੁਲਦੀਪ ਗਰੋਵਰ ਦੀ ਅਗਵਾਈ ਵਿੱਚ ਇਕੱਤਰਤ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰਿਕ ਜੱਥੇਬੰਦੀ ਵੱਲੋਂ ਜਾਰੀ ਕੈਲੰਡਰ ਵੀ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ, ਜਿਸ ਦੀ ਤਾਰੀਫ ਕਰਦਿਆਂ ਉਹਨਾਂ ਵੱਲੋਂ ਐਮ.ਏ. ਬਰਾਂਚ ਦੇ ਮੁਖੀ ਨੂੰ ਇਸ ਕੈਲੰਡਰ ਦੇ ਨਾਲ ਫਰੀਡਮ ਫਾਈਟਰ ਪਰਿਵਾਰਾਂ ਦੀ ਲਿਸਟ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ ਅਤੇ ਤਹਿਸੀਲ ਦੇ ਦਫ਼ਤਰਾਂ ਵਿੱਚ ਭੇਜਣ ਦੀ ਹਦਾਇਤ ਕੀਤੀ ਤਾਂ ਜੋ ਆਜਾਦੀ ਘੁਲਾਟੀਏ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੋ ਸਕਣ।
ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਖਜਾਨਚੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਜਥੇਬੰਦੀ ਦੇ ਸਮੂਹ ਮੈਂਬਰ ਹਾਜਿ਼ਰ ਸਨ।