ਬੀਜਿੰਗ, 10 ਅਪ੍ਰੈਲ (ਪੋਸਟ ਬਿਊਰੋ): ਚੀਨ ਨੇ ਅਮਰੀਕਾ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰਾਲੇ ਨੇ ਬੁੱਧਵਾਰ ਨੂੰ ਇੱਕ ਯਾਤਰਾ ਸੰਬੰਧੀ ਐਡਵਾਇਜ਼ਰੀ ਵਿੱਚ ਚੀਨੀ ਨਾਗਰਿਕਾਂ ਨੂੰ ਦੇਸ਼ ਦੀ ਯਾਤਰਾ ਕਰਨ ਤੋਂ ਪਹਿਲਾਂ ਅਮਰੀਕਾ ਦੀ ਸਥਿਤੀ ਦਾ ਪੂਰੀ ਤਰ੍ਹਾਂ ਮੁਲਾਂਕਣ ਕਰਨ ਲਈ ਕਿਹਾ। ਇਸ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਵਿੱਚ ਸੁਰੱਖਿਆ ਸਥਿਤੀ ਅਤੇ ਵਿਗੜਦੇ ਚੀਨ-ਅਮਰੀਕਾ ਵਪਾਰਕ ਸਬੰਧਾਂ ਦੇ ਕਾਰਨ ਯਾਤਰਾ ਜ਼ੋਖਮ ਭਰੀ ਹੋ ਸਕਦੀ ਹੈ।
ਇਸ ਤੋਂ ਇਲਾਵਾ, ਚੀਨ ਦੇ ਸਿੱਖਿਆ ਮੰਤਰਾਲੇ ਨੇ ਵਿਦਿਆਰਥੀਆਂ ਲਈ ਇੱਕ ਵੱਖਰੀ ਚੇਤਾਵਨੀ ਜਾਰੀ ਕੀਤੀ ਹੈ। ਇਸ ਵਿੱਚ, ਵਿਦਿਆਰਥੀਆਂ ਨੂੰ ਅਮਰੀਕਾ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ, ਕਿਉਂਕਿ ਉਨ੍ਹਾਂ ਨੂੰ ਉੱਥੇ ਵੀਜ਼ਾ, ਕਾਗਜ਼ੀ ਕਾਰਵਾਈ ਜਾਂ ਕਾਨੂੰਨੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਿ਼ਕਰਯੋਗ ਹੈ ਕਿ ਚੀਨ ਅਤੇ ਅਮਰੀਕਾ ਟੈਰਿਫ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨੀ ਸਾਮਾਨ 'ਤੇ 125% ਟੈਰਿਫ ਲਗਾ ਦਿੱਤਾ ਹੈ। ਇਸ ਦੇ ਨਾਲ ਹੀ, ਚੀਨ ਨੇ ਅਮਰੀਕੀ ਸਾਮਾਨਾਂ 'ਤੇ 84% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ।