ਕੋਲਕਾਤਾ, 10 ਅਪ੍ਰੈਲ (ਪੋਸਟ ਬਿਊਰੋ): ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ 8 ਅਪ੍ਰੈਲ ਨੂੰ ਵਕਫ਼ ਸੋਧ ਕਾਨੂੰਨ ਦੇ ਵਿਰੋਧ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਪੁਲਿਸ ਨੇ 22 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ 8 ਮੁਲਜ਼ਮਾਂ ਨੂੰ ਅੱਗੇ ਦੀ ਜਾਂਚ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਜੰਗੀਪੁਰ ਦੇ ਪੁਲਿਸ ਸੁਪਰਡੈਂਟ (ਐੱਸਪੀ) ਆਨੰਦ ਰਾਏ ਨੇ ਕਿਹਾ ਕਿ ਪੁਲਿਸ ਨੇ ਹਿੰਸਾ ਦਾ ਖੁਦ ਨੋਟਿਸ ਲਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਬੁੱਧਵਾਰ ਨੂੰ ਇਲਾਕੇ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਦਰਅਸਲ, 8 ਅਪ੍ਰੈਲ ਨੂੰ ਪ੍ਰਦਰਸ਼ਨਕਾਰੀਆਂ ਨੇ ਵਕਫ਼ ਐਕਟ ਦੇ ਵਿਰੋਧ ਵਿੱਚ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ ਸੀ। ਇਸ ਵਿੱਚ ਪੁਲਿਸ ਦੀਆਂ ਗੱਡੀਆਂ ਵੀ ਸ਼ਾਮਿਲ ਸਨ। ਝੜਪ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਵੀ ਕੀਤੀ, ਜਿਸ ਕਾਰਨ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ।
ਵਕਫ਼ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ, ਹੁਣ ਤੱਕ ਸੁਪਰੀਮ ਕੋਰਟ ਵਿੱਚ 12 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਸੁਪਰੀਮ ਕੋਰਟ ਦਾ ਤਿੰਨ ਜੱਜਾਂ ਦਾ ਬੈਂਚ 16 ਅਪ੍ਰੈਲ ਨੂੰ 10 ਪਟੀਸ਼ਨਾਂ 'ਤੇ ਸੁਣਵਾਈ ਕਰੇਗਾ।
ਬੈਂਚ ਵਿੱਚ ਸੀਜੇਆਈ ਸੰਜੀਵ ਖੰਨਾ, ਜਸਟਿਸ ਸੰਜੇ ਕੁਮਾਰ ਅਤੇ ਕੇਵੀ ਵਿਸ਼ਵਨਾਥਨ ਸ਼ਾਮਲ ਹੋਣਗੇ। ਇਸ ਦੇ ਨਾਲ ਹੀ, ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਅੱਜ ਤੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ।