ਚੰਡੀਗੜ੍ਹ, 24 ਅਪ੍ਰੈਲ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਸੁਲਤਾਨਵਿੰਡ ਵਿੱਚ ਤਾਇਨਾਤ ਮਾਲ ਪਟਵਾਰੀ ਹਰਪ੍ਰੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਸੁਲਤਾਨਵਿੰਡ, ਅੰਮ੍ਰਿਤਸਰ ਦੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਲਾਟ ਨਾਲ ਸਬੰਧਤ ਜਾਇਦਾਦ ਦੇ ਰਿਕਾਰਡ ਵਿੱਚ ਸੋਧ ਕਰਨ ਲਈ 2,50,000 ਰੁਪਏ ਦੀ ਰਿਸ਼ਵਤ ਮੰਗੀ ਹੈ।
ਸਿ਼ਕਾਇਤ ਦੇ ਅਨੁਸਾਰ, ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਦੱਸਿਆ ਕਿ ਇਹ ਰਿਸ਼ਵਤ ਦੀ ਰਕਮ ਤਹਿਸੀਲਦਾਰ ਅਤੇ ਗਿਰਦਾਵਰ ਨਾਲ ਵੀ ਸਾਂਝੀ ਕੀਤੀ ਜਾਵੇਗੀ ਅਤੇ ਉਹ ਇਸ ਰਕਮ ਵਿੱਚੋਂ ਸਿਰਫ਼ 50,000 ਰੁਪਏ ਲਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।